Saturday , 19 August 2017
You are here: Home / featured / ਮੁਹਾਲੀ ਸ਼ਹਿਰ ਨੂੰ ਉਦਯੋਗਿਕ ਹੱਬ ਵਜੋਂ ਵਿਕਸਿਤ ਕਰਾਂਗੇ: ਬਲਬੀਰ ਸਿੱਧੂ
ਮੁਹਾਲੀ ਸ਼ਹਿਰ ਨੂੰ ਉਦਯੋਗਿਕ ਹੱਬ ਵਜੋਂ ਵਿਕਸਿਤ ਕਰਾਂਗੇ: ਬਲਬੀਰ ਸਿੱਧੂ

ਮੁਹਾਲੀ ਸ਼ਹਿਰ ਨੂੰ ਉਦਯੋਗਿਕ ਹੱਬ ਵਜੋਂ ਵਿਕਸਿਤ ਕਰਾਂਗੇ: ਬਲਬੀਰ ਸਿੱਧੂ

ਮੁਹਾਲੀ ਹਲਕੇ ਦੇ ਤੀਜੀ ਵਾਰ ਵਿਧਾਇਕ ਬਣੇ ਬਲਬੀਰ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਮੁਹਾਲੀ ਨੂੰ ਉਦਯੋਗਿਕ ਹੱਬ ਵੱਜੋਂ ਉਭਾਰਿਆ ਜਾਵੇਗਾ ਅਤੇ ਬੰਦ ਪਏ  ਕਾਰਖਾਨਿਆਂ ਨੂੰ ਮੁੜ ਤੋਂ ਸੁਰਜੀਤ ਕੀਤਾ ਜਾਵੇਗਾ। ਨਵੀਂ ਇੰਡਸਟਰੀ ਲਗਾਉਣ ਲਈ ਵੀ ਲੋੜੀਂਦੇ ਉਪਰਾਲੇ ਕੀਤੇ ਜਾਣਗੇ ਤਾਂ ਜੋ ਲੋਕਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਸਕਣ। ਉਹ ਅੱਜ ਸਵੇਰੇ ਆਪਣੀ ਰਿਹਾਇਸ਼ ਉੱਤੇ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਹਿਰ ਅਤੇ ਇਲਾਕਾ ਵਾਸੀ ਤੇ ਸਥਾਨਿਕ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।
ਉਨ੍ਹਾਂ ਦੱਸਿਆ ਕਿ ਹਲਕੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਫ਼ੇਜ਼ ਛੇ ਵਿਚਲੇ ਸਿਵਲ ਹਸਪਤਾਲ ਅਤੇ ਈਐਸਆਈ ਹਸਪਤਾਲ  ਦੀ ਕਾਇਆ ਕਲਪ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਸਿੱਖਿਆ ਦੇ ਸੁਧਾਰ ਲਈ ਉਚੇਚੇ ਕਦਮ ਚੁੱਕੇ ਜਾਣਗੇ ਤਾਂ ਜੋ ਗਰੀਬ ਵਰਗ ਦੇ ਲੋਕਾਂ ਦੇ ਬੱਚੇ ਵੀ ਘੱਟ ਫ਼ੀਸਾਂ ਦੇ ਕੇ ਮਿਆਰੀ ਸਿੱਖਿਆ ਹਾਸਲ ਕਰ ਸਕਣ। ਕਾਂਗਰਸੀ ਵਿਧਾਇਕ ਨੇ ਆਖਿਆ ਕਿ ਮੁਹਾਲੀ ਸ਼ਹਿਰ ਪੰਜਾਬ ਦੇ ਪ੍ਰਵੇਸ਼ ਦੁਆਰ ਵਜੋਂ ਜਾਣਿਆ ਜਾਂਦਾ ਹੈ ਅਤੇ ਇਸ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ  ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਭਾਵਨਾਵਾਂ ਨਾਲ ਹਲਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਉਨ੍ਹਾਂ ਨੂੰ ਵਿਧਾਨ ਸਭਾ ਵਿੱਚ ਭੇਜਿਆ ਹੈ ਉਨ੍ਹਾਂ ਦੀਆਂ ਭਾਵਨਾਵਾਂ ’ਤੇ ਖਰ੍ਹਾ ਉਤਰਾਂਗਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਅਧਾਰ ’ਤੇ ਕੀਤਾ ਜਾਵੇਗਾ। ਉਨ੍ਹਾਂ ਸ਼ਹਿਰ ਦੀ ਟਰੈਫ਼ਿਕ ਵਿੱਚ ਸੁਧਾਰ ਲਿਆਉਣ ਅਤੇ ਲਾਂਡਰਾਂ ਟੀ ਪੁਆਇੰਟ ’ਤੇ ਲੱਗਦੇ ਰੋਜ਼ਾਨਾ ਜਾਮ ਤੋਂ ਨਿਜਾਤ ਦਿਵਾਉਣ ਲਈ ਜਲਦੀ ਹੀ ਢੁਕਵੇਂ ਪ੍ਰਬੰਧ ਕਰਨ ਦਾ ਦਾਅਵਾ ਵੀ ਕੀਤਾ।
ਇਸ ਮੌਕੇ ਪੀ.ਸੀ.ਐਲ ਦੇ ਕਰਮਚਾਰੀਆਂ ਦੇ ਵਫ਼ਦ ਵੱਲੋਂ ਸ੍ਰੀ ਸਿੱਧੂ ਨੂੰ ਵਿਧਾਇਕ ਬਣਨ ’ਤੇ ਸਨਮਾਨ ਕੀਤਾ ਅਤੇ ਇਸ ਫ਼ੈਕਟਰੀ ਨੂੰ ਚਾਲੂ ਰੱਖਣ ਦੀ ਮੰਗ ਕੀਤੀ। ਕਾਂਗਰਸੀ ਵਿਧਾਇਕ  ਨੇ ਵਿਸ਼ਵਾਸ ਦਿਵਾਇਆ ਕਿ ਪੀਸੀਐਲ ਨੂੰ ਕਿਸੇ ਵੀ ਕੀਮਤ ’ਤੇ ਬੰਦ ਨਹੀਂ ਹੋਣ ਦਿੱਤਾ ਜਾਵੇਗਾ।  ਇਸ ਮੌਕੇ ਧਰਮਗੜ੍ਹ ਦੇ ਕਾਂਗਰਸੀ ਵਰਕਰਾਂ ਤੇ ਪਿੰਡ ਵਾਸੀਆਂ ਨੇ ਰਾਜਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਵਿਧਾਇਕ ਦਾ ਸਨਮਾਨ ਕੀਤਾ। ਇਸ ਮੌਕੇ ਵਿਧਾਇਕ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਕਾਂਗਰਸ ਦੇ ਕਿਸਾਨ ਤੇ ਖੇਤ ਮਜ਼ਦੂਰ ਸੈੱਲ ਦੇ ਸੂਬਾਈ ਮੀਤ ਪ੍ਰਧਾਨ ਜੀ.ਐਸ. ਰਿਆੜ, ਐਸ.ਡੀ. ਸ਼ਰਮਾ ਸਮੇਤ ਹੋਰ ਪਤਵੰਤੇ ਮੌਜੂਦ ਸਨ।

ਚਾਰ ਹਫ਼ਤੇ ਵਿੱਚ ਪੰਜਾਬ ਨੂੰ ਚਿੱਟਾ ਮੁਕਤ ਕਰਨ ਦਾ ਕੀਤਾ ਵਾਅਦਾ
ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਦਾਅਵਾ ਕੀਤਾ ਹੈ ਕਿ ਕੈਪਟਨ ਸਰਕਾਰ ਪੰਜਾਬ ਵਿੱਚ ਨਸ਼ਿਆਂ ਨੂੰ ਖਤਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਚਾਰ ਹਫ਼ਤੇ ਦੇ ਅੰਦਰ ਅੰਦਰ ਸਮੁੱਚਾ ਪੰਜਾਬ ਚਿੱਟੇ ਦੇ ਨਾਮ ਨਾਲ ਜਾਣੇ ਜਾਂਦੇ ਭਿਆਨਕ ਨਸ਼ੇ ਤੋਂ ਮੁਕਤ ਕਰਾ ਦਿੱਤਾ ਜਾਵੇਗਾ ਤੇ ਨਸ਼ੇ ਦੇ ਸੁਦਾਗਰਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾਵੇਗਾ।

T & T Honda