You are here: Home / featured / ਪ੍ਰਾਪਰਟੀ ਟੈਕਸ ਡਿਫਾਲਟਰਾਂ ਦੀਆਂ ਜਾਇਦਾਦਾਂ ਸੀਲ
ਪ੍ਰਾਪਰਟੀ ਟੈਕਸ ਡਿਫਾਲਟਰਾਂ ਦੀਆਂ ਜਾਇਦਾਦਾਂ ਸੀਲ

ਪ੍ਰਾਪਰਟੀ ਟੈਕਸ ਡਿਫਾਲਟਰਾਂ ਦੀਆਂ ਜਾਇਦਾਦਾਂ ਸੀਲ

ਮੁਹਾਲੀ ਨਗਰ ਨਿਗਮ ਵੱਲੋਂ ਪ੍ਰਾਪਰਟੀ ਟੈਕਸ ਜਮ੍ਹਾਂ ਨਾ ਕਰਵਾਉਣ ਵਾਲੇ ਵਿਅਕਤੀਆਂ ਵਿਰੁੱਧ ਸ਼ਿਕੰਜਾ ਕੱਸ ਦਿੱਤਾ ਗਿਆ ਹੈ। ਨਿਗਮ ਦੀ ਟੀਮ ਨੇ ਅੱਜ ਇੱਕ ਉਦਯੋਗਿਕ ਪਲਾਟ ਅਤੇ ਦੋ ਸ਼ੋਅਰੂਮਾਂ ਨੂੰ ਤਾਲੇ ਲਗਾ ਕੇ ਉਨ੍ਹਾਂ ਨੂੰ ਸੀਲ ਕਰ ਦਿੱਤਾ ਹੈ। ਨਗਰ ਨਿਗਮ ਦੇ ਇੰਸਪੈਕਟਰ ਅਵਤਾਰ ਸਿੰਘ ਕਲਸੀਆਂ ਦੀ ਅਗਵਾਈ ਵਾਲੀ ਟੀਮ ਨੇ ਇੱਥੋਂ ਦੇ ਉਦਯੋਗਿਕ ਖੇਤਰ ਫੇਜ਼-9 ਦੇ ਪਲਾਟ ਨੰਬਰ-27, ਫੇਜ਼-3ਬੀ2 ਦੇ ਸ਼ੋਅਰੂਮ ਨੰਬਰ-4 ਅਤੇ ਫੇਜ਼-5 ਵਿੱਚ ਸ਼ੋਅਰੂਮ ਨੰਬਰ-6 ਨੂੰ ਤਾਲੇ ਲਗਾ ਕੇ ਉਨ੍ਹਾਂ ’ਤੇ ਸੀਲ ਲਗਾ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਸੁਪਰਡੈਂਟ ਭੀਮ ਸੈਨ ਨੇ ਦੱਸਿਆ ਕਿ ਇਨ੍ਹਾਂ ਜਾਇਦਾਦਾਂ ਦੇ ਮਾਲਕਾਂ ਵੱਲੋਂ ਪਿਛਲੇ ਪੰਜ ਸਾਲਾਂ ਦੌਰਾਨ ਪ੍ਰਾਪਰਟੀ ਟੈਕਸ ਜਮ੍ਹਾ ਨਹੀਂ ਕਰਵਾਇਆ ਗਿਆ ਜਿਸ ਕਾਰਨ ਇਹ ਕਾਰਵਾਈ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 18 ਕਰੋੜ ਰੁਪਏ ਪ੍ਰਾਪਰਟੀ ਟੈਕਸ ਵਸੂਲਿਆ ਗਿਆ ਸੀ ਜਦੋਂ ਕਿ ਇਸ ਵਰ੍ਹੇ ਹੁਣ ਤੱਕ ਪਹਿਲੀ ਅਪਰੈਲ ਤੋਂ ਲੈ ਕੇ 30 ਜੂਨ ਤੱਕ 6 ਕਰੋੜ ਰੁਪਏ ਪ੍ਰਾਪਰਟੀ ਟੈਕਸ ਇਕੱਠਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਟੈਕਸ ਜਮ੍ਹਾਂ ਨਾ ਕਰਵਾਉਣ ਵਾਲੇ ਕਰੀਬ 1500 ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਇਨ੍ਹਾਂ ’ਚੋਂ 1100 ਸ਼ਹਿਰ ਵਾਸੀਆਂ ਨੇ ਆਪਣੇ ਘਰਾਂ ਦਾ ਟੈਕਸ ਜਮ੍ਹਾਂ ਕਰਵਾ ਦਿੱਤਾ ਹੈ ਜਦੋਂ ਕਿ 400 ਵਿਅਕਤੀਆਂ ਨੂੰ ਨਵੇਂ ਸਿਰਿਓਂ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਸਬੰਧਤ ਵਿਅਕਤੀਆਂ ਨੇ ਟੈਕਸ ਜਮ੍ਹਾਂ ਨਹੀਂ ਕਰਵਾਇਆ ਤਾਂ ਉਨ੍ਹਾਂ ਨੂੰ ਅੰਤਿਮ ਨੋਟਿਸ ਜਾਰੀ ਕਰਕੇ ਜਾਇਦਾਦ ਨੂੰ ਸੀਲ ਕੀਤਾ ਜਾਵੇਗਾ। ਜਦੋਂ ਅਧਿਕਾਰੀ ਨੂੰ ਪੁਲੀਸ ਦਫ਼ਤਰਾਂ ਦੀਆਂ ਇਮਾਰਤਾਂ ਦੇ ਟੈਕਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਅਤੇ ਖੇਤੀਬਾੜੀ ਵਿਭਾਗ ਵੱਲੋਂ ਬਣਦਾ ਟੈਕਸ ਜਮ੍ਹਾਂ ਨਹੀਂ ਕਰਵਾਇਆ ਗਿਆ ਹੈ ਅਤੇ ਇਸ ਸਬੰਧੀ ਮਾਮਲਾ ਸੀਨੀਅਰ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ।

T & T Honda